

ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਵਾਸਤੇ ‘ਦਾਖ਼ਲਾ ਹਫ਼ਤਾ’ ਸ਼ੁਰੂ
ਬਿਊਰੋ : ਪੰਜਾਬ ਸਰਕਾਰ ਨੇ ਪ੍ਰਾਈਵੇਟ ਸਕੂਲ ਵਿੱਚ ਪੜਦੇ ਵਿਦਿਆਰਥੀਆਂ ਨੂੰ ਕੇਵਲ ਐਨ.ਸੀ.ਈ.ਆਰ.ਟੀ./ ਸੀ.ਆਈ.ਐਸ.ਸੀ. ਈ./ ਸਬੰਧਿਤ ਬੋਰਡਾਂ ਵੱਲੋਂ ਪ੍ਰਮਾਣਿਤ ਸੰਸਥਾਵਾਂ ਦੁਆਰਾ ਪ੍ਰਕਾਸ਼ਿਤ ਕਿਤਾਬਾਂ ਲਾਏ ਜਾਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੀ ਜਾਣਕਾਰੀ ਦਿੰਦੇ ਹੋਏ, ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਡਾਇਰੈਕਟਰ ਸਿੱਖਿਆ ਵਿਭਾਗ (ਸੈਂ.ਸਿੱ) ਨੇ ਇਸ ਬਾਰੇ ਸੀ.ਬੀ.ਐਸ.ਈ., ਆਈ.ਸੀ.ਐਸ.ਈ. ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਨਾਲ ਸਬੰਧਿਤ ਸਾਰੇ ਪ੍ਰਾਈਵੇਟ ਸਕੂਲਾਂ ਦੀ ਮੈਨਿਜਮੈਂਟਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ। ਬੁਲਾਰੇ ਅਨੁਸਾਰ ਇਸ ਦਾ ਉਦੇਸ਼ ਵਿਦਿਆਰਥੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਹੈ। ਬੁਲਾਰੇ ਅਨੁਸਾਰ ਪ੍ਰਾਈਵੇਟ ਸਕੂਲਾਂ ਦੀਆਂ ਕੁਝ ਮੈਨਿਜਮੈਂਟਾਂ ਵੱਲੋਂ ਆਪਣੇ ਸਕੂਲਾਂ ਵਿੱਚ ਪੜਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਪ੍ਰਕਾਸ਼ਕਾਂ ਵੱਲੋਂ ਪ੍ਰਕਾਸ਼ਿਤ ਕਿਤਾਬਾਂ ਲਾਈਆਂ ਜਾ ਰਹੀਆਂ ਹਨ ਅਤੇ ਉਨਾਂ ਨੂੰ ਇਹ ਕਿਤਾਬਾਂ ਅਤੇ ਵਰਦੀਆਂ ਖਾਸ ਦੁਕਾਨਾਂ ਤੋਂ ਖਰੀਦਣ ਲਈ ਆਖਿਆ ਜਾ ਰਿਹਾ ਹੈ। ਇਹ ਕਿਤਾਬਾਂ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਮਹਿੰਗੇ ਮੁੱਲ ’ਤੇ ਖਰੀਦਣੀਆਂ ਪੈ ਰਹੀਆਂ ਹਨ। ਇਸ ਸਬੰਧ ਵਿੱਚ ਮਿਲੀਆਂ ਸ਼ਿਕਾਇਤਾਂ ਮੱਦੇਨਜ਼ਰ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਅਤੇ ਉਨਾਂ ਦੇ ਮਾਪਿਆਂ ਨੂੰ ਖਾਸ ਦੁਕਾਨਾਂ/ਫਰਮਾਂ ਤੋਂ ਕਿਤਾਬਾਂ ਅਤੇ ਵਰਦੀਆਂ ਖਰੀਦਣ ਲਈ ਸਿੱਧੇ ਜਾਂ ਅਸਿੱਧੇ ਤਰੀਕੇ ਨਾਲ ਮਜ਼ਬੂਰ ਨਾ ਕਰਨ ਲਈ ਨਿਰਦੇਸ਼ ਜਾਰੀ ਕੀਤੇ ਹਨ। ਅਜਿਹਾ ਕਰਨ ਦੀ ਸੂਰਤ ਵਿੱਚ ਦੋਸ਼ੀ ਸੰਸਥਾਵਾਂ ਦੀ ਮਾਨਤਾ/ਇਤਰਾਜ਼ਹੀਣਤਾ ਸਰਟੀਫਿਕੇਟ, ਐਫੀਲੀਏਸ਼ਨ ਰੱਦ ਕਰਨ ਦੀ ਚੇਤਾਵਨੀ ਦਿੱਤੀ ਹੈ। ਸਰਕਾਰੀ ਸਕੂਲਾਂ ਵਿੱਚ ਦਾਖ਼ਲਿਆਂ ਲਈ ਲੋਕਾਂ ਨੂੰ ਪ੍ਰੇਰਿਤ ਕਰਨ ਵਾਸਤੇ ਸਕੂਲ ਸਿੱਖਿਆ ਵਿਭਾਗ ਨੇ ‘ਦਾਖ਼ਲਾ ਹਫ਼ਤਾ’ ਸ਼ੁਰੂ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਹ ‘ਦਾਖ਼ਲਾ ਹਫ਼ਤਾ’ ਬੀਤੇ ਦਿਨ ਸ਼ੁਰੂ ਹੋਇਆ ਅਤੇ ਇਹ 27 ਮਾਰਚ ਤੱਕ ਚੱਲੇਗਾ। ਇਸ ਦਾ ਉਦੇਸ਼ ਲੋਕਾਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਨ ਲਈ ਪ੍ਰੇਰਿਤ ਕਰਨਾ ਹੈ। ਬੁਲਾਰੇ ਅਨੁਸਾਰ ‘ਦਾਖਲਾ ਹਫ਼ਤਾ’ ਵਿੱਚ ਅਧਿਆਪਕਾਂ ਵੱਲੋਂ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਇਸ ਦੌਰਾਨ ਅਧਿਆਪਕਾਂ ਵੱਲੋਂ ਘਰੋ-ਘਰੀ ਜਾਣ, ਪਿੰਡਾਂ ਵਿੱਚ ਦਾਖਲਿਆਂ ਬਾਰੇ ਫਲੈਕਸ ਲਾਉਣ, ਸਕੂਲਾਂ ਦੇ ਪੁਰਾਣੇ ਵਿਦਿਆਰੀਆਂ ਤੇ ਪਤਵੰਤੇ ਸੱਜਣਾਂ ਨਾਲ ਮਿਲਣ ਅਤੇ ਆਂਗਣਵਾੜੀ ਵਰਕਰਾਂ ਦੀ ਮਦਦ ਨਾਲ 3 ਤੋਂ 5 ਸਾਲ ਦੇ ਬੱਚਿਆਂ ਨੂੰ ਈ-ਪੰਜਾਬ ਉੱਤੇ ਰਜਿਸਟਰ ਕਰਨ ਦਾ ਪ੍ਰੋਗਰਾਮ ਨਿਰਧਾਰਤ ਕੀਤਾ ਗਿਆ ਹੈ। ਸਰਕਾਰੀ ਸਕੂਲਾਂ ਵਿੱਚ ਦਾਖਲਿਆਂ ਦੀ ਮੁਹਿੰਮ ਚਲਾਉਣ ਵਾਸਤੇ ਸਕੂਲ ਸਿੱਖਿਆ ਵਿਭਾਗ ਵੱਲੋਂ ‘ਇੰਨਰੋਲਮੈਂਟ ਬੂਸਟਰ ਟੀਮਾਂ’ ਦਾ ਗਠਨ ਪਹਿਲਾਂ ਹੀ ਕੀਤਾ ਜਾ ਚੁੱਕਾ ਹੈ। ਇਸ ਮੁਹਿੰਮ ਨੂੰ ਚਲਉਣ ਲਈ ਸਰਕਾਰੀ ਸਕੂਲਾਂ ਦੀਆਂ ਵਿਸ਼ੇਸ਼ਤਾਵਾਂ ਨੂੰ ਦਰਸਾਉਦੇ ਹੋਏ ਪੋਸਟਰ, ਵੀਡੀਓਜ਼, ਸ਼ਾਰਟ ਫਿਲਮਾਂ ਤਿਆਰ ਕਰਵਾ ਕੇ ਸੋਸ਼ਲ ਮੀਡੀਆ ਦੇ ਰਾਹੀਂ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਿੰਡਾਂ ਅਤੇ ਸ਼ਹਿਰਾਂ ਦੀਆਂ ਸਾਂਝੀਆਂ ਥਾਵਾਂ, ਬਜ਼ਾਰਾਂ ਅਤੇ ਸੜਕਾਂ ’ਤੇ ਫਲੈਕਸ ਲਾਉਣ ਅਤੇ ਪੰਚਾਂ-ਸਰਪੰਚਾਂ, ਕਾਉਸਲਰਾਂ ਅਤੇ ਹੋਰ ਪਤਵੰਤਿਆਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਬੁਲਾਰੇ ਅਨੁਸਾਰ ਪਿਛਲੇ ਸੈਸ਼ਨ ਦੌਰਾਨ ਆਰੰਭੀ ‘ਈਚ ਵਨ, ਬਰਿੰਗ ਵਨ’ ਮੁਹਿੰਮ ਨੂੰ ਵੱਡੀ ਸਫ਼ਲਤਾ ਮਿਲੀ ਸੀ ਅਤੇ ਇਸ ਦੇ ਨਤੀਜੇ ਵਜੋਂ ਪ੍ਰੀ-ਪ੍ਰਾਇਮਰੀ ਤੋਂ ਲੈ ਕੇ ਬਾਰਵੀਂ ਤੱਕ ਦਾਖਲਿਆਂ ਵਿੱਚ 15 ਫ਼ੀਸਦੀ ਦਾ ਰਿਕਾਰਡ ਵਾਧਾ ਹੋਇਆ ਸੀ। ਇਸ ਸਾਲ ਵੀ ਪਿਛਲੇ ਸਾਲ ਦਾ ਰਿਕਾਰਡ ਟੁੱਟਣ ਦੀ ਉਮੀਦ ਹੈ।







